ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਜੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ

ਪ੍ਰਤੀਕ ਸੇਠੀ ਰਿਪੋਰਟਰ……ਵੰਦੇ ਭਾਰਤ ਨਿਊਜ਼ ਫਰੀਦਕੋਟ
ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਵੱਲੋਂ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਇਲਾਕਿਆਂ (ਡਰੱਗ ਹੌਟਸਪੌਟਸ) ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਤੋਂ ਇਨ੍ਹਾਂ ਇਲਾਕਿਆਂ ਵਿੱਚ ਨਸ਼ਿਆਂ ਦੀ ਰੋਕਥਾਮ, ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਅਤੇ ਐਸ.ਡੀ.ਐਮ.
ਕੋਟਕਪੂਰਾ ਸ. ਰਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਫ਼ ਪ੍ਰਸ਼ਾਸਨਿਕ ਕਾਰਵਾਈ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਨਸ਼ੇ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਇਲਾਕਾ ਵਾਸੀਆਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਕਾਰਜਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਲਾਜ਼ਮੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਨਿਯਮਿਤ ਸਮੀਖਿਆ ਕਰਨ ਲਈ ਕਿਹਾ, ਤਾਂ ਜੋ ਮੁਹਿੰਮ ਦੇ ਉਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਡਾ.ਵਿਸ਼ਵਜੀਤ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ.ਬਲਜਿੰਦਰ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਸ਼ਰਮਾ, ਈ.ਓ ਫਰੀਦਕੋਟ ਸ੍ਰੀ ਅੰਮ੍ਰਿਤ ਲਾਲ, ਉੱਪ ਜਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ, ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ, ਸ੍ਰੀ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
🔔 Vande Bharat News Alerts
नई प्रमुख खबरों की browser notification पाने के लिए Subscribe करें।






